October 29, 2026

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਚੈਕਿੰਗ

–   ਦੋ ਭੀਖ ਮੰਗਦੇ ਬੱਚੇ ਪਰਿਵਾਰ ਨੂੰ ਸੌਂਪੇ

ਪਟਿਆਲਾ,  24  ਨਵੰਬਰ   2022  :  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਚੈਕਿੰਗ ਕੀਤੀ ਗਈ ਅਤੇ ਮਿਲੇ ਬੱਚਿਆਂ ਦੇ ਪਰਿਵਾਰਾਂ ਤੱਕ ਪਹੁੰਚ ਕਰਕੇ ਪਰਿਵਾਰਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਗਰੂਕ ਵੀ ਕੀਤਾ ਗਿਆ।

ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ ਚੈਕਿੰਗ ਦੌਰਾਨ ਸ੍ਰੀ ਕਾਲੀ ਦੇਵੀ ਮੰਦਿਰ ਤੇ ਬੱਸ ਸਟੈਂਡ ਪਾਸੋਂ ਦੋ ਬੱਚੇ ਭੀਖ ਮੰਗਦੇ ਰੈਸਕਿਉ ਕੀਤੇ ਗਏ ਅਤੇ ਇਸ ਦੌਰਾਨ ਪਰਿਵਾਰ ਵਾਲੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਹੋਏ ਤੇ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਕਰਮਚਾਰੀਆਂ ਵੱਲੋਂ ਪਰਿਵਾਰ ਦੀ ਕਾਊਂਸਲਿੰਗ ਕਰਨ ਉਪਰੰਤ ਬੱਚੇ ਪਰਿਵਾਰ ਨੂੰ ਸੌਂਪੇ ਗਏ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਝੁੱਗੀ ਝੌਪੜੀ ਵਿੱਚ ਰਹਿਣ ਵਾਲੇ ਮਾਤਾ ਪਿਤਾ ਨੂੰ ਜ਼ਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀਂ ਹੁੰਦਾ ਜਿਸ ਕਾਰਨ ਕਈ ਛੋਟੇ ਬੱਚੇ ਇਹਨਾਂ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਬਾਲ ਹੈਲਪਲਾਈਨ ਨੰਬਰ 1098 ਦੇ ਸਬੰਧ ਵਿੱਚ ਵੀ ਜਾਣਕਾਰੀ ਦਿੱਤੀ ਗਈ।

About The Author