October 20, 2026

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

– ਜ਼ਿਲ੍ਹੇ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਭਾਗ ਤਨਦੇਹੀ ਨਾਲ ਕੰਮ ਕਰਨ-ਕਮਿਸ਼ਨਰ

– ਮਾਲ ਵਿਭਾਗ ਅਤੇ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਨਾਲ ਕੀਤੀ ਅਹਿਮ ਮੀਟਿੰਗ

ਮਾਨਸਾ, 30 ਜਨਵਰੀ 2025: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮਾਲ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕੋਰਟ ਦੇ ਲੰਬਿਤ ਕੇਸਾਂ ਦਾ ਨਿਪਟਾਰਾ ਸਮਾਂ ਰਹਿੰਦਿਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਗਿਰਦਾਵਰੀ, ਜਮਾਬੰਦੀ, ਪੜਤਾਲ ਅਤੇ ਨਿਸ਼ਾਨਦੇਹੀਆਂ ਵੀ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ।

ਇਸ ਉਪਰੰਤ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ, ਸੀਵਰੇਜ਼ ਟਰੀਟਮੈਂਟ ਪਲਾਂਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਕਮਿਸ਼ਨਰ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਚੈਕਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ (ਐਨ.ਜੀ.ਟੀ.) ਪੂਰੀ ਤਰ੍ਹਾਂ ਗੰਭੀਰ ਹੈ। ਇਸ ਲਈ ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਉਣ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈ-ਵੇਸਟ ਮੇਨੈਜ਼ਮੈਂਟ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਵਿਭਾਗਾਂ ਅੰਦਰ ਜ਼ਿਆਦਾ ਪੁਰਾਣੇ ਕੰਪਿਊਟਰਾਂ ਨੂੰ ਕੰਡਮ ਕਰਨਾ ਜ਼ਰੂਰੀ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ, ਤਾਂ ਜੋ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਹਿਯੋਗ ਵੀ ਮਿਲ ਸਕੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਢੁੱਕਵੀਆਂ ਥਾਵਾਂ ’ਤੇ ਪਲਾਂਟੇਸ਼ਨ ਕਰਨ ਦੀ ਵੀ ਹਦਾਇਤ ਕੀਤੀ।

ਇਸ ਮੌਕੇ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੇ ਟਰੀਟਮੈਂਟ, ਸਿੰਗਲ ਯੂਜ਼ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁੱਦਿਆ ਬਾਰੇ ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਜਸਵੰਤ ਸਿੰਘ ਬੜੈਚ ਅਤੇ ਤਹਿਸੀਲਦਾਰ, ਨਾਇਬ ਤਹਿਸੀਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

About The Author

You may have missed